logo

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਸਪੀਕਰ ਸ. ਸੰਧਵਾਂ ਅਤੇ ਵਿਧਾਇਕ ਸੇਖੋਂ ਨੇ ਕੀਤੀ ਸ਼ਿਰਕਤ

ਫਰੀਦਕੋਟ 19 ਦਸੰਬਰ (Sanjiv Mittal)

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਕਰਵਾਏ ਗਏ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤਿਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਤੋਂ ਘੱਟ ਨਹੀਂ ਹਨ ਅਤੇ ਸਹੀ ਮਾਰਗਦਰਸ਼ਨ, ਮਿਹਨਤ ਅਤੇ ਅਨੁਸ਼ਾਸਨ ਨਾਲ ਹਰ ਵਿਦਿਆਰਥੀ ਆਪਣਾ ਸੁਪਨਾ ਸਾਕਾਰ ਕਰ ਸਕਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਅਤੇ ਹੋਣ ਵਾਲੇ ਸੁਧਾਰਾਂ, ਨਵੇਂ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਵਿੱਚ ਨੈਤਿਕ ਮੁੱਲਾਂ, ਸਮਾਜਿਕ ਜ਼ਿੰਮੇਵਾਰੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨਾਲ ਹੀ ਮਾਪਿਆਂ ਨੂੰ ਵੀ ਕਿਹਾ ਕਿ ਉਹ ਬੱਚਿਆਂ ਦੀ ਸਿੱਖਿਆ ਵਿੱਚ ਸਕੂਲ ਨਾਲ ਮਿਲਜੁਲ ਕੇ ਭੂਮਿਕਾ ਨਿਭਾਉਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਆਪਣੇ ਮਾਪਿਆਂ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਹਰ ਖੇਤਰ ਵਿੱਚ ਮਿਹਨਤ ਅਤੇ ਪ੍ਰਤਿਭਾ ਨਾਲ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤਿਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਹ ਸਰਗਰਮੀਆਂ ਵਿਦਿਆਰਥੀਆਂ ਦੇ ਹਰ ਪੱਖੋਂ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਨਿਸ਼ਠਾ ਅਤੇ ਮਿਹਨਤ ਕਾਰਨ ਹੀ ਸਰਕਾਰੀ ਸਕੂਲ ਅੱਜ ਤਰੱਕੀ ਦੇ ਰਾਹ ਤੇ ਹਨ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਕੂਲ ਵਿੱਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਸਾਂਝੇ ਤੌਰ ਤੇ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਉੱਪ ਜਿਲ੍ਹਾ ਸਿੱਖਿਆ ਅਫਸਰ ਪਵਨ ਕੁਮਾਰ, ਪ੍ਰਿ. ਗੁਪਾਲ ਕ੍ਰਿਸ਼ਨ, ਲੈਕਚਰਾਰ ਸੁਖਦੇਵ ਸਿੰਘ, ਸ. ਸੁਖਜੀਤ ਸਿੰਘ ਢਿੱਲਵਾਂ, ਜਿਲ੍ਹਾ ਪ੍ਰੀਸ਼ਦ ਮੈਬਰ ਗੁਰਸ਼ਰਨ ਸਿੰਘ, ਅਮਰਜੀਤ ਸਿੰਘ ਪਰਮਾਰ, ਹਰਦੀਪ ਸਿੰਘ, ਜਗਜੀਤ ਸਿੰਘ ਜੱਗੀ ਸਰਪੰਚ, ਮਾਸਟਰ ਕਮਲਜੀਤ ਸਿੰਘ, ਅੰਜਨਾ ਜੈਨ, ਰਾਜਦੀਪ ਕੌਰ ਹਾਜ਼ਰ ਸਨ।

5
164 views