logo

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਬੀਮਾ ਯੋਜਨਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ,ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ

ਫਰੀਦਕੋਟ:22, ਦਸੰਬਰ (ਕੰਵਲ ਸਰਾਂ/ਗੌਤਮ ਬਾਂਸਲ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਮੇਂ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੁੱਖ ਮੰਤਰੀ ਸਿਹਤ ਬੀਮੇ ਸਬੰਧੀ ਸਰਵੇ ਸਮੇਤ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਵਾਉਣ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਸਰਕਾਰੀ ਕਰਮਚਾਰੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ, ਜਿਸ ਨਾਲ ਉਸ ਦੇ
ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫਤ ਮੁਹੱਈਆ ਕੀਤਾ ਜਾਵੇਗਾ।ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦਾ ਕੋਈ ਵੀ ਲੋੜਵੰਤ ਵਿਅਕਤੀ/ ਪਰਿਵਾਰ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਹੋਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜੀ.ਏ ਸ੍ਰੀ ਗੁਰਕਿਰਨਦੀਪ ਸਿੰਘ, ਡਾ. ਵਿਸ਼ਵਦੀਪ ਗੋਇਲ, ਡਾ. ਸਰਵਦੀਪ ਸਿੰਘ ਰੋਮਾਣਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

2
268 views