ਕਲੱਸਟਰ ਵਾਈਜ਼ ਟਰਾਂਸਪੋਰਟ ਤੇ ਲੇਬਰ ਯਕੀਨੀ ਬਣਾਉਣ ਲਈ ਹਦਾਇਤਾਂ, ਗੁਦਾਮਾਂ ਦਾ ਸਮਾਂ ਵਧਾਇਆ
ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਅਪ੍ਰੈਲ
ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝਾ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਧਿਕਾਰੀ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਮੰਤਰੀ ਕਟਾਰੂਚੱਕ ਨੇ ਸਪਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਟਰਾਂਸਪੋਰਟ ਅਤੇ ਲੇਬਰ ਦੀ ਕੋਈ ਘਾਟ ਨਹੀਂ ਆਉਣੀ ਚਾਹੀਦੀ ਅਤੇ ਕਲੱਸਟਰ ਵਾਈਜ਼ 100 ਫੀਸਦੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਲੇਬਰ ਠੇਕੇਦਾਰਾਂ ਵੱਲੋਂ ਗੁਦਾਮਾਂ ਦੇ ਸਮੇਂ ਨੂੰ ਵਧਾਉਣ ਦੀ ਮੰਗ ਰੱਖੀ ਗਈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨਾਲ ਸਲਾਹ ਮਸ਼ਵਰਾ ਕਰਕੇ ਗੁਦਾਮ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ। ਠੇਕੇਦਾਰਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਆਵੇਗੀ।
ਮੰਤਰੀ ਨੇ ਇਹ ਵੀ ਕਿਹਾ ਕਿ ਮੀਟਿੰਗ ਦਾ ਮਕਸਦ ਸਿਰਫ ਹਦਾਇਤਾਂ ਦੇਣਾ ਹੀ ਨਹੀਂ ਸੀ, ਸਗੋਂ ਟਰਾਂਸਪੋਰਟਰਾਂ ਅਤੇ ਠੇਕੇਦਾਰਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਵੀ ਸੀ। ਉਨ੍ਹਾਂ ਐਫ.ਸੀ.ਆਈ ਨੂੰ ਖਰੀਦ ਪ੍ਰਕਿਰਿਆ ਤੇਜ਼ ਕਰਨ ਅਤੇ ਸਮੇਂ ਸਿਰ ਅਨਲੋਡਿੰਗ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ ਦੀ ਅਦਾਇਗੀ 24 ਘੰਟਿਆਂ ਅੰਦਰ ਕਰਨ ਦਾ ਪ੍ਰਬੰਧ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਆੜ੍ਹਤੀਆਂ ਦੀਆਂ ਮੰਗਾਂ ਬਾਰੇ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਨਾਲ ਜੁੜਿਆ ਹੋਇਆ ਹੈ, ਪਰ ਪੰਜਾਬ ਸਰਕਾਰ ਆੜ੍ਹਤੀਆਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਯਤਨ ਜਾਰੀ ਹਨ।
ਮੀਟਿੰਗ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ, ਡੀ.ਐਫ.ਐਸ.ਸੀ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਰਹੇ।