ਦੋਵਾਂ ਸਕੀਮਾਂ ਦੀ ਰਜਿਸਟ੍ਰੇਸ਼ਨ ਦੀ ਰੋਜ਼ਾਨਾ ਨਿਗਰਾਨੀ ਕਰਨ ਅਧਿਕਾਰੀ : ਡਾ. ਬਲਬੀਰ ਸਿੰਘ
ਪਟਿਆਲਾ, 17 ਅਪ੍ਰੈਲ (ਪਰਮਜੀਤ ਸਿੰਘ ਪਰਵਾਨਾ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਪਟਿਆਲਾ ਪਹਿਲੇ ਸਥਾਨ 'ਤੇ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਵੀ ਪਟਿਆਲਾ ਮੋਹਰੀ ਹੈ ਤੇ ਇਹ ਜ਼ਿਲ੍ਹਾ ਦੂਜੇ ਸਥਾਨ 'ਤੇ ਹੈ।ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰੀ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੇ ਸਿਹਤ ਕਾਰਡ ਬਣਵਾਏ ਜਾਣ ਤੇ ਇਸ ਯੋਜਨਾ ਦਾ ਲਾਭ ਹੇਠਲੇ ਪੱਧਰ ਉਤੇ ਪਹੁੰਚਾਉਣ ਲਈ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਕਾਰਡ ਬਣਵਾਏ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ। ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ, ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਦੇ ਰਿਹਾਇਸ਼ੀ ਪਲਾਟਾਂ ਦੀ ਵੰਡ ਸਮੇਤ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਭਾਦਸੋਂ ਰੋਡ ਉਤੇ ਟਿਵਾਣਾ ਚੌਂਕ ਨੂੰ ਚੌੜਾ ਕਰਕੇ ਇੱਥੇ ਟ੍ਰੈਫਿਕ ਵਿਘਨ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।ਇਸ ਤੋਂ ਬਿਨ੍ਹਾਂ ਸ਼ਹਿਰ ਵਿੱਚ ਐਲ ਐਂਡ ਟੀ ਵੱਲੋਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਵੀ ਤੁਰੰਤ ਕੀਤੀ ਜਾਵੇ। ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੂੰ ਸਾਰੀਆਂ ਸਬੰਧਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਪੀ.ਡੀ.ਏ ਦੇ ਸੀ.ਏ ਅਪਰਨਾ ਐਮ.ਬੀ., ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਜਸਬੀਰ ਗਾਂਧੀ, ਬਲਾਕ ਸੰਮਤੀ ਮੈਂਬਰ ਅਮਨ ਭੁੱਲਰ, ਸੁਰੇਸ਼ ਰਾਏ, ਵੇਦ ਕਪੂਰ, ਚਿੰਟੂ ਨਾਸਰਾ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਹੋਰ ਸੀਨੀਅਰ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਏ।