ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 16 ਐਨ.ਡੀ.ਪੀ.ਐਸ ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ
ਸ੍ਰੀ ਮੁਕਤਸਰ ਸਾਹਿਬ, ਅਪ੍ਰੈਲ 2026 ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਅਭਿਮਨਿਉ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਲਗਾਤਾਰ ਸਰਚ ਆਪਰੇਸ਼ਨ ਅਤੇ ਰੇਡਾਂ ਕਰਕੇ ਉਹਨਾਂ ਦੇ ਸਾਥੀਆਂ ਅਤੇ ਹੋਰ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ਵਿੱਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ‘ਤੇ ਸੀਨੀਅਰ ਅਧਿਕਾਰੀਆਂ ਵੱਲੋਂ ਇਸਦੀ ਜਾਂਚ ਕੀਤੀ ਜਾਂਦੀ ਹੈ। ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ, ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕਰਨਾ ਲਾਜ਼ਮੀ ਹੁੰਦਾ ਹੈ। ਇਸੇ ਲੜੀ ਵਿੱਚ ਐਨ.ਡੀ.ਪੀ.ਐਸ ਐਕਟ ਨਾਲ ਸੰਬੰਧਿਤ 16 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਪਿੰਡ ਚੰਨੂ ਦੇ ਬੋਇਲਰ ਵਿੱਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ। ਇਸ ਸਮੂਹ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਇਸ ਕਾਰਵਾਈ ਲਈ ਬਣਾਈ ਗਈ ਕਮੇਟੀ ਦੀ ਅਗਵਾਈ ਸ੍ਰੀ ਅਭਿਮਨਿਉ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਵੱਲੋਂ ਕੀਤੀ ਗਈ, ਜਿਸ ਵਿੱਚ ਸ੍ਰੀਮਤੀ ਹਰਕਮਲ ਕੌਰ ਐਸ.ਪੀ. (ਐਚ) ਅਤੇ ਸ੍ਰੀ ਰਸ਼ਪਾਲ ਸਿੰਘ ਡੀ.ਐਸ.ਪੀ. (ਡੀ) ਸ਼ਾਮਲ ਸਨ। ਉਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਅੰਜ਼ਾਮ ਦਿੱਤਾ ਗਿਆ। ਇਸ ਮੌਕੇ ਐਸ.ਐਸ.ਪੀ. ਜੀ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁੱਲ 16 ਐਨ.ਡੀ.ਪੀ.ਐਸ ਕੇਸਾਂ ਦੇ ਮਾਲ ਵਿੱਚੋਂ 418.800 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 1.652 ਕਿਲੋਗ੍ਰਾਮ ਹੈਰੋਇਨ ਅਤੇ 1870 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।