ਭਗਵੰਤ ਮਾਨ 6 ਮਈ ਨੂੰ ਸ਼ੁਕਰਾਨਾ ਯਾਤਰਾ ਸ਼ੁਰੂ ਕਰਨਗੇ
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਯਾਤਰਾ ਵਿੱਚ ਮੁੱਖ ਮੰਤਰੀ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ ਅਤੇ ਫਿਰ ਪੜਾਅਵਾਰ ਤੌਰ 'ਤੇ ਯਾਤਰਾ ਨੂੰ ਅੱਗੇ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮਿਲੇ ਮੌਕੇ ਦੇ ਸ਼ੁਕਰਾਨੇ ਵਜੋਂ ਕੀਤੀ ਜਾ ਰਹੀ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਿਸ਼ੇਸ਼ ਮੀਟਿੰਗ ਕਰਕੇ ਯਾਤਰਾ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਯਾਤਰਾ ਦੌਰਾਨ ਸੁਰੱਖਿਆ, ਆਵਾਜਾਈ ਅਤੇ ਲੋਕਾਂ ਦੀ ਸੁਵਿਧਾ ਲਈ ਪੂਰੇ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਯਾਤਰਾ ਰੂਪਨਗਰ ਤੋਂ ਸ਼ੁਰੂ ਹੋਕੇ ਸ੍ਰੀ ਅੰਮ੍ਰਿਤਸਰ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਦੁੱਖ ਨਿਵਾਰਨ ਸਾਹਿਬ ਅਤੇ ਸ਼੍ਰੀ ਫਤਹਿਗੜ੍ਹ ਸਾਹਿਬ ਤਕ ਪਹੁੰਚੇਗੀ। ਇਹ ਯਾਤਰਾ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਅਦਾ ਕਰਨ ਲਈ ਹੈ ਅਤੇ ਲੋਕਾਂ ਵਿੱਚ ਭਾਈਚਾਰੇ, ਨਿਮਰਤਾ ਅਤੇ ਸੇਵਾ ਦਾ ਸੰਦੇਸ਼ ਮਜ਼ਬੂਤ ਕਰੇਗੀ।
ਇਸ ਮੌਕੇ ਉਪਰੰਤ ਡਿਪਟੀ ਕਮਿਸ਼ਨਰ ਅਦਿਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ, ਐਸਡੀਐਮ ਸੁਖਪਾਲ ਸਿੰਘ, ਡੀਐੱਸਪੀ ਜਸ਼ਨਦੀਪ ਸਿੰਘ, ਨਗਰ ਕੌਂਸਲ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ, ਵਪਾਰ ਮੰਡਲ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।