ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਲਾਕੇ ਵਿੱਚ ਮਚਿਆ ਹੜਕੰਪ
ਰਿਪੋਰਟਰ: ਅਜੈ ਕੁਮਾਰ
ਜਲੰਧਰ, 1 ਜੂਨ:
ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਿਆਂਇਕ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤੇ, ਡੌਗ ਸਕੁਐਡ ਅਤੇ ਐਂਟੀ-ਸਾਬੋਟਾਜ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਪੂਰੇ ਕੋਰਟ ਕੰਪਲੈਕਸ ਦੀ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਸੁਰੱਖਿਆ ਏਜੰਸੀਆਂ ਵੱਲੋਂ ਕੋਰਟ ਕੰਪਲੈਕਸ ਦੇ ਹਰ ਕੋਨੇ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਧਮਕੀ ਦੀ ਸੱਚਾਈ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।
— ਅਜੈ ਕੁਮਾਰ