ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਤਹਿਤ ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵਿਖੇ ਹਰਪ੍ਰੀਤ ਸਿੰਘ ਬਹਿਣੀਵਾਲ ਵੱਲੋਂ ਪੁਸਤਕਾਂ ਭੇਂਟ
13 ਨਵੰਬਰ,2024 ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰਦਾਰ ਹਰਪ੍ਰੀਤ ਸਿੰਘ ਬਹਿਣੀਵਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ। ਗੁਰੂ ਕਾਸ਼ੀ ਭਾਸ਼ਾਵਾਂ ਵਿਭਾਗ ਦੇ ਮੁਖੀ ਪ੍ਰੋਫੈਸਰ ਕੁਮਾਰ ਸੁਸ਼ੀਲ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ। ਆਪਣੇ ਭਾਸ਼ਣ ਦੌਰਾਨ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਪੰਜਾਬੀ ਮਾਂ-ਬੋਲੀ ਦੇ ਨਿਕਾਸ ਤੇ ਵਿਕਾਸ ਬਾਰੇ ਵਿਦਿਆਰਥੀਆਂ ਨਾਲ ਖੁੱਲ੍ਹੇ ਤੌਰ ਤੇ ਗੱਲਬਾਤ ਕੀਤੀ। ਇਸ ਉਪਰੰਤ ਉਹਨਾਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਪੁਸਤਕਾਂ ਭੇਟ ਕੀਤੀਆਂ। ਜ਼ਿਕਰਯੋਗ ਹੈ ਕਿ ਉਹਨਾਂ ਨੇ ਗੁਰੂ ਕਾਸ਼ੀ ਭਾਸ਼ਾਵਾਂ ਵਿਭਾਗ ਦੀ ਲਾਇਬ੍ਰੇਰੀ ਲਈ ਲਗਭਗ 30 ਪੁਸਤਕਾਂ ਅਤੇ ਕੋਸ਼ ਭੇਂਟ ਕੀਤੇ। ਡਾ ਵੀਰਪਾਲ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕੈਂਪਸ ਡਾਇਰੈਕਟਰ ਪ੍ਰੋਫੈਸਰ ਕਮਲਜੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਵਿਭਾਗ ਨੂੰ ਅਜਿਹੇ ਕਾਰਜ ਕਰਦੇ ਰਹਿਣ ਲਈ ਹੱਲਾਸ਼ੇਰੀ ਦਿੱਤੀ। ਮੰਚ ਸੰਚਾਲਕ ਦੀ ਭੂਮਿਕਾ ਸ੍ਰੀ ਗੁਰਮੀਤ ਸਿੰਘ ਵੱਲੋਂ ਨਿਭਾਈ ਗਈ। ਇਸ ਦੌਰਾਨ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਰਹੇ।