ਡੀ.ਸੀ, ਐਸ.ਐਸ.ਪੀ ਵੱਲੋਂ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕਤਾ ਲਈ ਪਿੰਡਾਂ ਦਾ ਦੌਰਾ - ਕਿਸਾਨ ਨਵੀਆਂ ਤਕਨੀਕਾਂ ਨਾਲ ਪਰਾਲੀ ਨੂੰ ਅੱਗ ਲਾਏ ਬਗੈਰ ਕਣਕ ਦੀ ਬਿਜਾਈ ਕਰਨ - ਕਿਸਾਨਾਂ ਨੂੰ ਡੀ.ਏ.ਪੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਵਿਨੀਤ ਕੁਮਾਰ
ਵਾਤਾਵਰਣ ਦੀ ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਅਰਾਈਆਵਾਲਾ, ਗੋਲੇਵਾਲਾ, ਰਾਜੋਵਾਲਾ ਸਮੇਤ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਜਾਂ ਹੋਰ ਤਰੀਕਿਆਂ ਨਾਲ ਇਸਦਾ ਯੋਗ ਪ੍ਰਬੰਧਨ ਕਰਨਾ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਰਹੀ ਹੈ । ਇਸ ਲਈ ਖੇਤੀਬਾੜੀ ਵਿਭਾਗ ਟੀਮਾਂ ਵੱਲੋਂ ਖਾਦ ਵਿਕਰੇਤਾ, ਸੁਸਾਇਟੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ।ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਂਝੀਆਂ ਟੀਮਾਂ ਦਾ ਗਠਨ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।