
ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਆਪ ਦੇ ਹਲਕਾ ਇੰਚਾਰਜ ਦੀ ਘੇਰਾਬੰਦੀ
ਗੁਰਦਾਸਪੁਰ, 19 ਅਪ੍ਰੈਲ (ਜੇ.ਐਸ. ਬੈਂਸ) ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅੱਲੜ ਪਿੰਡੀ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਿਲ ਹੋਣ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਤੇ ਮਜ਼ਦੂਰਾਂ ਨੇ ਘੇਰਾਬੰਦੀ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜਾਣਕਾਰੀ ਅਨੁਸਾਰ ਹਲਕਾ ਇੰਚਾਰਜ ਵੱਲੋਂ ਸਕੂਲ ਦੇ ਕੀਤੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਜਾਣਾ ਸੀ ਕਿ ਸੂਚਨਾ ਮਿਲਦਿਆਂ ਹੀ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਜੀ, ਜੋਨ ਬਾਬਾ ਮਸਤੂ ਜੀ, ਜੋਨ ਬਾਬਾ ਬੰਦਾ ਬਹਾਦਰ ਜੀ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਅੱਲੜ ਪਿੰਡੀ, ਅਨੂਪ ਸਿੰਘ ਸੁਲਤਾਨੀ, ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਚੀਮਾ ਤੇ ਜ਼ਿਲ੍ਹਾ ਆਗੂ ਬੀਬੀ ਮਨਜਿੰਦਰ ਕੌਰ ਡੁਗਰੀ, ਰਮਨਦੀਪ ਕੌਰ ਦੀ ਅਗਵਾਈ ਹੇਠ ਉਦਘਾਟਨ ਵਾਲੀ ਜਗ੍ਹਾ ਉੱਤੇ ਪੁੱਜ ਗਏ।
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਦਿਆਂ ਵੱਲੋਂ ਆਪ ਆਗੂ ਨੂੰ ਸਵਾਲ ਕੀਤੇ ਜਾਣ 'ਤੇ ਤਸੱਲੀ ਬਖਸ਼ ਜਵਾਬ ਨਾ ਮਿਲਣ ਕਰਨ ਜੋਰਦਾਰ ਨਾਰੇਬਾਜੀ ਸ਼ੁਰੂ ਕਰ ਦਿੱਤੀ। ਇਸ ਮੌਕੇ ਤੇ ਮੌਜੂਦ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਜਿਸ ਕਾਰਨ ਕਿਸਾਨ ਗੈਟ ਮੂਹਰੇ ਹੀ ਹੱਥਾਂ ਵਿੱਚ ਝੰਡੀਆਂ ਫੜ੍ਹ ਕੇ ਧਰਨਾ ਲਾ ਕੇ ਬੈਠ ਗਏ। ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ।
ਇਸ ਮੌਕੇ ਪ੍ਰੱਸੈ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ 19 ਮਾਰਚ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਮੀਟਿੰਗ ਲਈ ਬੁਲਾ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਵਫ਼ਦ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੀਆ ਹੱਦਾਂ 'ਤੇ 13 ਫਰਵਰੀ 2024 ਤੋਂ ਜਾਰੀ ਕਿਸਾਨ ਅੰਦੋਲਨ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਮੋਰਚੇ ਤੇ ਪੁਲਸੀਆ ਜਬਰ ਰਹੀ ਮੋਰਚਿਆਂ ਤੇ ਹਮਲੇ ਕਰਕੇ ਧਰਨੇ ਖਦੇੜਨ ਦੇ ਖ਼ਿਲਾਫ਼ ਹਲਕਾ ਇੰਚਾਰਜ ਨੂੰ ਸਵਾਲ ਕੀਤੇ ਗਏ। ਆਗੂਆਂ ਕਿਹਾ ਕਿ ਕੇਂਦਰ ਸਰਕਾਰ ਨਾਲ ਸਬੰਧਤ ਅੰਦੋਲਨ ਦੀਆਂ ਮੁੱਖ ਮੰਗਾਂ ਵਿੱਚ ਫ਼ਸਲਾਂ ਤੇ ਐਮ. ਐਸ. ਪੀ. ਗਰੰਟੀ ਕਾਨੂੰਨ, ਕਿਸਾਨ ਮਜ਼ਦੂਰ ਦੀ ਕਰਜ਼ ਮੁਕਤੀ, ਮਨਰੇਗਾ ਤਹਿਤ ਵੱਧ ਰੁਜਗਾਰ ਦੀ ਮੰਗ ਸਮੇਤ 12 ਮੰਗਾਂ ਦੇ ਜਲਦ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਦੇ ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਪੁਲਿਸ ਬਲ ਦੀ ਵਰਤੋਂ ਕਰਕੇ ਮੋਰਚੇ ਉਖਾੜਨ ਦੀ ਕਾਰਵਾਈ ਕਾਰਨ ਹੋਏ ਹਰ ਤਰ੍ਹਾਂ ਦੇ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕੀਤੀ ਜਾਵੇ ਅਤੇ ਟਰਾਲੀਆਂ ਜਾਂ ਹੋਰ ਸਮਾਨ ਚੋਰੀ ਹੋਣ ਦੇ ਘਟਨਾਕ੍ਰਮ ਦੇ ਪਿੱਛੇ ਸਾਜ਼ਸ਼ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਪ੍ਰੈੱਸ ਨੋਟ ਜਾਰੀ ਕਰਦਿਆ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਮੋਰਚਿਆਂ ਤੇ ਕੀਤੇ ਤਸ਼ੱਦਦ ਵਿੱਚ ਆਮ ਕਿਸਾਨਾਂ ਮਜਦੂਰਾਂ ਦੀ ਕੁੱਟ ਮਾਰ ਅਤੇ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਤੇ 20 ਮਾਰਚ ਨੂੰ ਸ਼ੰਭੂ ਮੋਰਚੇ ਤੇ ਲਾਠੀਆਂ ਨਾਲ ਹਮਲਾ ਕਰਕੇ ਕੁੱਟਮਾਰ ਕਰਨ ਵਾਲੇ ਥਾਣਾ ਸ਼ੰਭੂ ਦੇ ਐਸ ਐਚ ਓ ਹਰਪ੍ਰੀਤ ਸਿੰਘ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ਤੇ ਜਿੰਨਾ ਸ਼ਰਾਰਤੀ ਅਨਸਰਾਂ ਵੱਲੋਂ ਸ਼ੰਭੂ ਖਨੌਰੀ ਤੇ ਚੋਰੀ-ਚਕਾਰੀ ਦੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਅਨਸਰਾਂ ਤੇ ਤੁਰੰਤ ਬਣਦੀਆਂ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਣ ।
ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਮਸਲਿਆਂ ਨੂੰ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਦਿਨਾ ਵਿੱਚ ਇਸ ਤੋਂ ਵੀ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਖਜਾਨਚੀ, ਨਰਿੰਦਰ ਸਿੰਘ ਆਲੀਨੰਗਲ, ਕੁਲਵਿੰਦਰ ਸਿੰਘ ਜੋੜਾਂ, ਕੁਲਵੰਤ ਸਿੰਘ ਚੌੜਾ, ਸੋਹਣ ਸਿੰਘ ਕਾਲਾ ਨੰਗਲ,ਦਵਿੰਦਰ ਸਿੰਘ ਖੋਖਰ, ਕਸ਼ਮੀਰ ਸਿੰਘ ਹਮਰਾਜ਼ ਪੁਰ, ਬੂਟਾ ਸਿੰਘ ਬਾਉ ਪੁਰ, ਡਾਕਟਰ ਮੋਹਨ ਸਿੰਘ, ਬੀਬੀ ਕੁਲਵਿੰਦਰ ਕੌਰ, ਰਤਨ ਜੀਤ ਕੌਰ,ਬੀਬੀ ਬਲਜੀਤ ਕੌਰ, ਬੀਬੀ ਪਰਮਜੀਤ ਕੌਰ ਆਦਿ ਹਾਜ਼ਰ ਸਨ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ।
ਫੋਟੋ ਕੈਪਸ਼ਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ।