logo

ਪੰਜਾਬ ਯੂਨੀਵਰਸਿਟੀ ਦਾ ਫੈਸਲਾ ਵਾਪਸ ਲੈਣਾ ਲੋਕਾਂ ਦੇ ਸੰਘਰਸ਼ ਦੀ ਜਿੱਤ: ਸੁਰਿੰਦਰ ਸਿੰਘ ਜੌੜਾ


ਮੱਲਾਂ ਵਾਲਾ :7 ਨਵੰਬਰ (ਤਿਲਕ ਸਿੰਘ ਰਾਏ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਵਾਪਸ ਹੋਣ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਇਸਨੂੰ ਲੋਕਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ, ਵਿਦਿਆਰਥੀਆਂ ਅਤੇ ਸਿੱਖਿਆ ਪ੍ਰੇਮੀਆਂ ਦੀ ਏਕਤਾ ਦਾ ਨਤੀਜਾ ਹੈ ਜਿਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਹੱਕ ‘ਚ ਆਵਾਜ਼ ਉਠਾਈ ਸੀ।
ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸਿੱਖਿਆ, ਭਾਸ਼ਾ ਅਤੇ ਸਭਿਆਚਾਰ ਨਾਲ ਜੁੜੀ ਹੋਈ ਸੰਸਥਾ ਹੈ ਅਤੇ ਇਸ ਨਾਲ ਜੁੜੇ ਕਿਸੇ ਵੀ ਫੈਸਲੇ ਦਾ ਪ੍ਰਭਾਵ ਸਿੱਧਾ ਪੰਜਾਬ ਦੇ ਲੋਕਾਂ ਦੇ ਮਨ ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਦੀ ਭਾਵਨਾ ਨੂੰ ਸਮਝਦਿਆਂ ਜੋ ਫੈਸਲਾ ਵਾਪਸ ਲਿਆ ਹੈ, ਉਹ ਕਦਮ ਕਾਬਿਲ-ਏ-ਸਤਾਇਸ਼ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਸ਼ੁਰੂ ਤੋਂ ਹੀ ਇਸ ਮਾਮਲੇ ਵਿੱਚ ਸਪੱਸ਼ਟ ਰੁਖ ਅਖ਼ਤਿਆਰ ਕੀਤਾ ਅਤੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਇਸ ਲਈ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਈ।
ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅੱਗੇ ਤੋਂ ਵੀ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਕਿਸੇ ਵੀ ਰਾਜ ਨਾਲ ਜੁੜੇ ਅਹਿਮ ਫੈਸਲੇ ਲੈਣ ਤੋਂ ਪਹਿਲਾਂ ਸਥਾਨਕ ਲੋਕਾਂ ਅਤੇ ਸਿੱਖਿਆ ਸੰਸਥਾਵਾਂ ਨਾਲ਼ ਸਲਾਹ-ਮਸ਼ਵਰਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਆਪਣੀ ਸਿੱਖਿਆਕ ਸੰਸਥਾਵਾਂ ਅਤੇ ਭਾਸ਼ਾ ਨਾਲ ਡੂੰਘਾ ਪਿਆਰ ਰੱਖਦੇ ਹਨ ਅਤੇ ਕੋਈ ਵੀ ਐਸਾ ਕਦਮ ਜੋ ਇਸ ਭਾਵਨਾ ਨੂੰ ਠੇਸ ਪਹੁੰਚਾਵੇ, ਕਦੇ ਕਬੂਲ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਆਸ ਜਤਾਈ ਕਿ ਪੰਜਾਬ ਯੂਨੀਵਰਸਿਟੀ ਨੂੰ ਹੁਣ ਹੋਰ ਮਜ਼ਬੂਤੀ ਦੇ ਨਾਲ ਵਿਕਸਤ ਕੀਤਾ ਜਾਵੇਗਾ ਅਤੇ ਇਸ ਦੇ ਆਤਮਨਿਰਭਰ ਢਾਂਚੇ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਸਕਾਰਾਤਮਕ ਪੈਸਲੇ ਲਏ ਜਾਣਗੇ।

10
325 views