
ਫਤਿਆਬਾਦ ‘ਚ ਡੀਐਸਪੀ ਅਤੁਲ ਸੋਨੀ ਦੀ ਅਗਵਾਈ ਹੇਠ ਅਪਰੇਸ਼ਨ ‘ਕਾਸੋ’ ਤਹਿਤ ਵੱਡਾ ਸਰਚ ਅਭਿਆਨ
ਤਰਨਤਾਰਨ 7 ਦਸੰਬਰ (ਡਾਕਟਰ ਸਤਵਿੰਦਰ ਬੁੱਗਾ)
ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਜ਼ੀਰੋ ਟੋਲਰੈਂਸ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ, ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ ਦੀ ਹਦਾਇਤ ‘ਤੇ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਦੀ ਅਗਵਾਈ ਹੇਠ ਅੱਜ ਕਸਬਾ ਫਤਿਆਬਾਦ ‘ਚ ਵੱਡਾ ਸਰਚ ਅਭਿਆਨ ਚਲਾਇਆ ਗਿਆ।
ਸਵੇਰੇ ਤੜਕੇ ਭਾਰੀ ਪੁਲਿਸ ਫੋਰਸ ਦੇ ਨਾਲ ਗਲੀ ਬੇਅੰਤ ਸਿੰਘ ਵਾਲੀ, ਕਿਲ੍ਹਾ ਮੁਹੱਲਾ ਅਤੇ ਗੋਲ ਚੌਕ ਨੇੜਲੇ ਇਲਾਕਿਆਂ ਵਿੱਚ ਆਪ੍ਰੇਸ਼ਨ ‘ਕਾਸੋ’ ਤਹਿਤ ਘਰਾਂ ਦੀ ਤਲਾਸ਼ੀ ਲਈ ਗਈ। ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੀ ਤਸਕਰੀ ‘ਚ ਸ਼ੱਕੀ ਤੱਤਾਂ ਦੀ ਨਿਗਰਾਨੀ ਕਰਦਿਆਂ ਕਈ ਥਾਵਾਂ ‘ਤੇ ਛਾਪੇ ਮਾਰੇ ਗਏ ਅਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਸੂਬੇ ਨੂੰ ਨਸ਼ਾ-ਮੁਕਤ ਬਣਾਉਣਾ ਪੁਲਿਸ ਦਾ ਸਭ ਤੋਂ ਵੱਡਾ ਟੀਚਾ ਹੈ ਅਤੇ ਇਸ ਲਈ ਤਲਾਸ਼ੀ ਮੁਹਿੰਮਾਂ ਨੂੰ ਨਿਰੰਤਰ ਤੇ ਹੋਰ ਵੀ ਕੜੇ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਸਮਾਜ ਨੂੰ ਜ਼ਹਿਰ ਵੇਚਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਵੀ ਤੀਬਰ ਕੀਤੀ ਜਾਵੇਗੀ। ਡੀਐਸਪੀ ਸੋਨੀ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ, ਜਾਨ-ਮਾਲ ਦੀ ਰਾਖੀ ਅਤੇ ਨਸ਼ਾ ਤਸਕਰੀ ਨੂੰ ਜੜੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।