logo

ਪਿੰਡ ਗੁਲਾਮੀ ਵਾਲਾ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ

ਮੱਲਾਂ ਵਾਲਾ: 23 ਦਸੰਬਰ (ਤਿਲਕ ਸਿੰਘ ਰਾਏ):
ਪਿੰਡ ਗੁਲਾਮੀ ਵਾਲਾ ਵਿਖੇ ਭਾਈ ਰਸ਼ਪਾਲ ਸਿੰਘ ਦੇ ਗ੍ਰਹਿ ਵਿੱਚ ਧਰਮ, ਸਚਾਈ ਅਤੇ ਇਨਸਾਨੀਅਤ ਦੀ ਖਾਤਰ ਆਪਣਾ ਸਰਬੰਸ ਵਾਰਣ ਵਾਲੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਪਾਵਨ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਸਹਿਜ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਿਆਂ ਵੱਲੋਂ ਰਸਭਰੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਕਥਾਵਾਚਕਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣ ਪਾਇਆ ਅਤੇ ਕਿਹਾ ਕਿ ਇਹ ਸ਼ਹਾਦਤਾਂ ਸਾਰੀ ਮਨੁੱਖਤਾ ਲਈ ਅਮਰ ਪ੍ਰੇਰਣਾ ਹਨ।
ਵਕਤਾਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਦੇ ਵਿਰੁੱਧ ਖੜ੍ਹ ਹੋ ਕੇ ਸੱਚ ਅਤੇ ਧਰਮ ਦੀ ਰਾਖੀ ਲਈ ਜੋ ਮਾਰਗ ਦਰਸਾਇਆ, ਉਹ ਅੱਜ ਦੇ ਸਮਾਜ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚਲਣ ਦੀ ਅਪੀਲ ਕੀਤੀ।
ਧਾਰਮਿਕ ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਜਿਸ ਵਿੱਚ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਹਿਜ ਪਾਠ ਦੀ ਲਗਾਤਾਰ ਸੇਵਾ ਕਰਨ ਵਾਲੀਆਂ ਬੱਚੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਗ੍ਰਾਮ ਪੰਚਾਇਤ ਮੈਂਬਰਾਂ, ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਵੱਲੋਂ ਭਰਪੂਰ ਹਾਜ਼ਰੀ ਭਰੀ ਗਈ, ਜਿਸ ਨਾਲ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ।

15
438 views