
ਸ਼੍ਰੀ ਅਰੁਣ ਸੇਖੜੀ ਨੇ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ
ਫਰੀਦਕੋਟ 23 ਦਸੰਬਰ (ਨਾਇਬ ਰਾਜ)
2004 ਬੈਂਚ ਦੇ ਸੀਨੀਅਆਈ.ਏ.ਐਸ. ਅਧਿਕਾਰੀ ਸ਼੍ਰੀ ਅਰੁਣ ਸੇਖੜੀ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਉਹ ਇਸ ਵੇਲੇ ਡਵੀਜਨਲ ਕਮਿਸ਼ਨਰ ਫਿਰੋਜ਼ਪੁਰ ਤਾਇਨਾਤ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫਰੀਦਕੋਟ ਡਵੀਜਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਡਿਵੀਜ਼ਨ ਨਾਲ ਸੰਬੰਧਿਤ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਲੋਕ-ਹਿਤਕਾਰੀ ਯੋਜਨਾਵਾਂ ਅਤੇ ਦਫਤਰੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਡਵੀਜਨਲ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੂੰ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।ਸ਼੍ਰੀ ਸੇਖੜੀ ਨੇ ਕਿਹਾ ਕਿ ਫਰੀਦਕੋਟ ਡਵੀਜਨ ਵਿੱਚ ਪ੍ਰਸ਼ਾਸਕੀ ਸੁਚਾਰੂਤਾ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਸਰਕਾਰੀ ਸੇਵਾਵਾਂ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।ਸ਼੍ਰੀ ਅਰੁਣ ਸੇਖੜੀ ਨੇ ਦੱਸਿਆ ਕਿ ਫਰੀਦਕੋਟ ਡਿਵੀਜ਼ਨ ਦੇ ਸਮੁੱਚੇ ਅਤੇ ਸੰਤੁਲਿਤ ਵਿਕਾਸ ਲਈ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਕੰਮ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਸੁਚੱਜਾ, ਪ੍ਰਭਾਵਸ਼ਾਲੀ ਅਤੇ ਲੋਕ-ਹਿਤਕਾਰੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲਕਦਮੀ ਰਹੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜ) ਸ. ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵੁਰਣ ਕੁਮਾਰ ਵੀ ਹਾਜ਼ਰ ਸਨ।