logo

ਨਵੇਂ ਸਾਲ ਦੀ ਆਮਦ ਮੌਕੇ ਮਿੰਨੀ ਸਕੱਤਰੇਤ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ..

ਫਰੀਦਕੋਟ, 01, ਜਨਵਰੀ 2026 (ਕੰਵਲ ਸਰਾਂ) ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2026 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਅਤੇ ਇਲਾਕੇ ਦੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਭ ਨੇ ਮਿਲ ਕੇ ਸਰਬੱਤ ਦੇ ਭਲੇ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਸਰਬ ਸਾਂਝੀ ਧਾਰਮਿਕ ਕਮੇਟੀ ਦੇ ਮੁੱਖ ਸੇਵਾਦਾਰ ਸ. ਅਮਰੀਕ ਸਿੰਘ ਸੰਧੂ ਨੇ ਸਮਾਗਮ ਵਿੱਚ ਪਹੁੰਚੀ ਸਮੂਹ ਸੰਗਤ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ।ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਬ ਸਾਂਝੀ ਧਾਰਮਿਕ ਕਮੇਟੀ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਅਜਿਹਾ ਧਾਰਮਿਕ ਸਮਾਗਮ ਕਰਵਾਉਣਾ ਬਹੁਤ ਹੀ ਪ੍ਰਸ਼ੰਸਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਸਾਨੂੰ ਸੇਵਾ, ਸਬਰ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਕਰਵਾਉਣ ਵਾਲੇ ਲੋਕਾਂ ਦੇ ਕੰਮ ਪੂਰੀ ਤਨਦੇਹੀ ਅਤੇ ਲਗਨ ਨਾਲ ਕਰਕੇ ਦਫਤਰ ਵਿੱਚ ਸਾਰੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ ਦਿੰਦਿਆਂ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਕਰਨਾ ਇਕ ਬਹੁਤ ਹੀ ਸ਼ੁਭ ਅਤੇ ਪ੍ਰੇਰਣਾਦਾਇਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੇਵਾ ਪੂਰੇ ਮਨ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਜੀ.ਏ. ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ/ ਕਰਮਚਾਰੀ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ।



43
1270 views