
ਸਰਕਾਰ ਵੱਲੋਂ ਬਿਜਲੀ ਬੋਰਡ ਦੀਆਂ ਜ਼ਮੀਨਾਂ ਵੇਚਣ ਦੇ ਫ਼ੈਸਲੇ ਖ਼ਿਲਾਫ਼ ਪਟਿਆਲਾ ਵਿੱਚ ਬਿਜਲੀ ਮੁਲਾਜ਼ਮਾਂ ਦਾ ਵੱਡਾ ਧਰਨਾ, ਕਿਸਾਨ ਜਥੇਬੰਦੀਆਂ ਨੇ ਦਿੱਤਾ ਸਹਿਯੋਗ|
#news #AIMAMEDIA
ਪਟਿਆਲਾ (ਸਤਬੀਰ ਕੁਮਾਰ ਰਿਪੋਰਟ):AIMA MEDIA NEWS
ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਦੀਆਂ ਕੀਮਤੀ ਜ਼ਮੀਨਾਂ ਵੇਚਣ ਦੇ ਫ਼ੈਸਲੇ ਦੇ ਰੋਸ ਵਜੋਂ ਅੱਜ ਪਟਿਆਲਾ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਧਰਨਾ ਲਗਾਇਆ ਗਿਆ। ਇਹ ਧਰਨਾ 23 ਨੰਬਰ ਫਾਟਕ ਨੇੜੇ ਸਥਿਤ ਪਟਿਆਲਾ ਬਿਜਲੀ ਬੋਰਡ ਦੇ ਦਫ਼ਤਰ ਦੇ ਬਾਹਰ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਨੇ ਵੀ ਭਰਪੂਰ ਹਾਜ਼ਰੀ ਭਰੀ।
ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਬਿਜਲੀ ਬੋਰਡ ਦੀਆਂ ਜ਼ਮੀਨਾਂ ਪੰਜਾਬ ਦੀ ਲੋਕ ਸੰਪਤੀ ਹਨ ਅਤੇ ਇਨ੍ਹਾਂ ਨੂੰ ਵੇਚਣ ਦਾ ਫ਼ੈਸਲਾ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਸਰਕਾਰੀ ਅਦਾਰਿਆਂ ਨੂੰ ਕਮਜ਼ੋਰ ਕਰਨ ਦੀ ਨੀਤੀ ‘ਤੇ ਚੱਲ ਰਹੀ ਹੈ।
ਬਿਜਲੀ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਬਿਜਲੀ ਬੋਰਡ ਪਹਿਲਾਂ ਹੀ ਨਿੱਜੀਕਰਨ ਅਤੇ ਆਊਟਸੋਰਸਿੰਗ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਜ਼ਮੀਨਾਂ ਵੇਚ ਕੇ ਬੋਰਡ ਨੂੰ ਹੋਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਸੂਬਾ ਪੱਧਰ ‘ਤੇ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜੇ ਬਿਜਲੀ ਬੋਰਡ ਦੀ ਜ਼ਮੀਨ ਵੇਚੀ ਗਈ ਤਾਂ ਕੱਲ੍ਹ ਕਿਸਾਨਾਂ ਦੀ ਜ਼ਮੀਨ ਵੀ ਸੁਰੱਖਿਅਤ ਨਹੀਂ ਰਹੇਗੀ। ਉਨ੍ਹਾਂ ਨੇ ਬਿਜਲੀ ਮੁਲਾਜ਼ਮਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸੰਘਰਸ਼ ਵਿੱਚ ਪੂਰਾ ਸਹਿਯੋਗ ਦੇਣ ਦਾ ਐਲਾਨ ਕੀਤਾ।
ਧਰਨੇ ਦੌਰਾਨ ਮਾਹੌਲ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ, ਪਰ ਮੁਲਾਜ਼ਮਾਂ ਅਤੇ ਕਿਸਾਨਾਂ ਦੇ ਤੇਵਰ ਸਾਫ਼ ਦੱਸ ਰਹੇ ਸਨ ਕਿ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਲੜਾਈ ਹੋਰ ਵੀ ਤੇਜ਼ ਹੋ ਸਕਦੀ ਹੈ। ਅਖੀਰ ਵਿੱਚ ਆਗੂਆਂ ਨੇ ਦੁਹਰਾਇਆ ਕਿ ਜਦ ਤੱਕ ਬਿਜਲੀ ਬੋਰਡ ਦੀਆਂ ਜ਼ਮੀਨਾਂ ਵੇਚਣ ਦਾ ਫ਼ੈਸਲਾ ਰੱਦ ਨਹੀਂ ਹੁੰਦਾ, ਤਦ ਤੱਕ ਸੰਘਰਸ਼ ਜਾਰੀ ਰਹੇਗਾ।