logo

31 ਜਨਵਰੀ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ – ਹਰਜੋਤ ਕੌਰ ਜਿਲ੍ਹਾ ਰੋਡ ਸੇਫਟ ਕਮੇਟੀ ਦੀ ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਹੋਈ ਵਿਚਾਰ ਚਰਚਾ



ਫ਼ਰੀਦਕੋਟ, 8 ਜਨਵਰੀ 26 (ਨਾਇਬ ਰਾਜ)

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ, ਜੋ ਕਿ 31 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ, ਸਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਦੀ ਅਗਵਾਈ ਹੇਠ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਆਰ.ਟੀ.ਏ ਸ. ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਦੱਸਿਆ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 31 ਜਨਵਰੀ ਤੱਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਨਫੋਰਸਮੈਂਟ ਡਰਾਈਵ ਚਲਾਈ ਜਾਵੇਗੀ ਅਤੇ ਐਨ.ਜੀ.ਓਜ਼ ਦੀ ਸਹਾਇਤਾ ਨਾਲ ਲੋਕਾਂ ਨੂੰ ਰੈੱਡ ਲਾਈਟ ਦੀ ਪਾਲਣਾ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਸੀਟ ਬੈਲਟ ਅਤੇ ਰਿਫਲੈਕਟਰ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਨੈਸ਼ਨਲ ਹਾਈਵੇ ਅਤੇ ਪੀ.ਡਬਲਿਊ.ਡੀ. ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸੜਕ ਸੁਰੱਖਿਆ ਜਾਗਰੂਕਤਾ ਰੈਲੀਆਂ, ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਡਰਾਈਵਰਾਂ ਦਾ ਮੈਡੀਕਲ ਚੈਕਅੱਪ ਵੀ ਕਰਵਾਇਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ “ਨੋ ਹੈਲਮੈਟ, ਨੋ ਪੈਟਰੋਲ” ਮੁਹਿੰਮ ਵੀ ਚਲਾਈ ਜਾਵੇ ਅਤੇ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਇਸ ਤੋਂ ਇਲਾਵਾ ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ ਸੇਫ਼ ਸਕੂਲ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਅਤੇ ਬਲੈਕ ਸਪਾਟਸ ਸਬੰਧੀ ਨਗਰ ਕੌਂਸਲ ਅਤੇ ਬੀ.ਡੀ.ਪੀ.ਓ. ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਣਅਧਿਕਾਰਤ ਪਾਰਕਿੰਗ, ਤੇਜ਼ ਰਫ਼ਤਾਰ, ਓਵਰਲੋਡ ਵਾਹਨਾਂ ਖ਼ਿਲਾਫ਼ ਚਲਾਨਿੰਗ ਅਤੇ ਬੱਸਾਂ ਵਿੱਚ ਔਰਤਾਂ ਦੀ ਸੁਰੱਖਿਆ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ।

ਇਸ ਮੌਕੇ ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਕੁਮਾਰ, ਬੀ.ਡੀ.ਪੀ.ਓ ਜੈਤੋ ਸ. ਇਕਬਾਲ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਪ੍ਰੋ. ਬੀਰਇੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

9
938 views