ਕੇਂਦਰੀ ਬਜਟ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ, ਪੰਜਾਬ ਦੇ ਕਿਸਾਨਾਂ ਨੂੰ ਕੀਤਾ ਨਜ਼ਰਅੰਦਾਜ਼: ਪਰਮਜੀਤ ਸਿੰਘ ਨੰਬਰਦਾਰ
ਪ੍ਰਮੁੱਖ ਕਿਸਾਨ ਆਗੂ ਪਰਮਜੀਤ ਸਿੰਘ ਨੰਬਰਦਾਰ ਨੇ ਕੇਂਦਰੀ ਬਜਟ 2026-27 ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਖੇਤੀਬਾੜੀ ਸੈਕਟਰ ਲਈ ਕੋਈ ਵੀ ਠੋਸ ਰਾਹਤ ਨਹੀਂ ਦਿੱਤੀ ਗਈ, ਸਗੋਂ ਇਹ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲਾ ਦਸਤਾਵੇਜ਼ ਹੈ।ਪਰਮਜੀਤ ਸਿੰਘ ਨੰਬਰਦਾਰ ਨੇ ਕਿਹਾ ਕਿ ਜਿੱਥੇ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ, ਉੱਥੇ ਸਰਕਾਰ ਨੇ ਕਰਜ਼ਾ ਮੁਆਫ਼ੀ ਜਾਂ ਫ਼ਸਲਾਂ ਦੇ ਲਾਹੇਵੰਦ ਭਾਅ (MSP) ਦੀ ਕਾਨੂੰਨੀ ਗਾਰੰਟੀ ਬਾਰੇ ਇੱਕ ਸ਼ਬਦ ਵੀ ਨਹੀਂ ਬੋਲਿਆ।ਉਨ੍ਹਾਂ ਕਿਹਾ ਕਿ ਬਜਟ ਦੀਆਂ ਨੀਤੀਆਂ ਸਪੱਸ਼ਟ ਕਰਦੀਆਂ ਹਨ ਕਿ ਸਰਕਾਰ ਖੇਤੀਬਾੜੀ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਛੋਟੇ ਅਤੇ ਦਰਮਿਆਨੇ ਕਿਸਾਨ ਬਰਬਾਦ ਹੋ ਜਾਣਗੇ।