ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ –ਜਿਲ੍ਹਾ ਮੈਜਿਸਟਰੇਟ
ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ ਕੇਂਦਰਾਂ ਵਿੱਚ ਜਾਰੀ ਹੁਕਮ 8 ਅਪ੍ਰੈਲ 2026 ਤੱਕ ਲਾਗੂ ਰਹਿਣਗੇ।
ਫਰੀਦਕੋਟ 17 ਫਰਵਰੀ (Sanjiv Mittal) ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 17-2-2026 ਤੋਂ ਮਿਤੀ 8-4-2026 ਤੱਕ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ਦੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿੱਚ ਡਿਊਟੀ ਤੇ ਹੋਣਗੇ। ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਜਾਂਦਾ ਹੈ ਅਤੇ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਪੱਤਰ ਨੰਬਰ 126 ਫਸ-ਫਕ-2 ਮਿਤੀ 11-02-2026 ਰਾਹੀਂ ਕੀਤਾ ਗਿਆ ਹੁਕਮ ਬਾ-ਦਸਤੂਰ ਹੀ ਜਾਰੀ ਰਹੇਗਾ।
ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ ਪੰਜਾਬ ਵੱਲੋਂ ਪ੍ਰਾਪਤ ਹੋਏ ਪੱਤਰ ਰਾਹੀਂ ਇਸ ਦਫਤਰ ਨੂੰ ਸੂਚਿਤ ਕੀਤਾ ਹੈ ਕਿ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੰਚਾਰੂ ਢੰਗ ਨਾਲ ਕਰਵਾਉਣ ਹਿੱਤ ਪ੍ਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਜਾਰੀ ਕਰਵਾਉਣ ਅਤੇ ਇਹਨਾਂ ਕੇਂਦਰਾਂ ਤੇ ਧਾਰਾ 163 ਬੀ.ਐਨ.ਐਸ.ਐਸ. ਲਗਾਉਣ ਦੇ ਨਾਲ ਨਾਲ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦਾ ਵੀ ਸਹਿਯੋਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਤੇ ਲੋੜ ਅਨੁਸਾਰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਸਬੰਧੀ ਲਿਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੰਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਨ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ 8 ਅਪ੍ਰੈਲ 2026 ਤੱਕ ਲਾਗੂ ਰਹਿਣਗੇ।