logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅੰਮ੍ਰਿਤਸਰ ਦੇ ਫਤਿਹ ਸਿੰਘ ਕਲੋਨੀ ਵਿਖੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਨਾਜਾਇਜ਼ ਤੌਰ ‘ਤੇ ਪ੍ਰਾਪਤ ਜਾਇਦਾਦ ਨੂੰ ਢਾਹਿਆ ਗਿਆ

ਅੰਮ੍ਰਿਤਸਰ, 07 ਮਾਰਚ 2026 (ਅਭਿਨੰਦਨ ਸਿੰਘ)

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਡਰੱਗ ਤਸਕਰ ਦੀ ਗੈਰਕਾਨੂੰਨੀ ਤੌਰ ‘ਤੇ ਬਣਾਈ ਜਾਇਦਾਦ ਨੂੰ ਢਾਹ ਦਿੱਤਾ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ।

ਜਾਣਕਾਰੀ ਮੁਤਾਬਕ ਪੁਲਿਸ ਸਟੇਸ਼ਨ ਸਦਰ ਦੇ ਅਧਿਕਾਰ ਖੇਤਰ ਹੇਠ ਫਤਿਹ ਸਿੰਘ ਕਲੋਨੀ, 88 ਫੁੱਟ ਰੋਡ ਅੰਮ੍ਰਿਤਸਰ ਵਿਖੇ ਈਸ਼ੂ ਪੁੱਤਰ ਅਮਰਨਾਥ ਦੀ ਗੈਰਕਾਨੂੰਨੀ ਜਾਇਦਾਦ ਨੂੰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਢਾਹ ਦਿੱਤਾ ਗਿਆ। ਈਸ਼ੂ (ਉਮਰ 25 ਸਾਲ) ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ। ਇਸ ਵੇਲੇ ਉਹ ਜੇਲ੍ਹ ਤੋਂ ਬਾਹਰ ਹੈ।

ਪੁਲਿਸ ਅਨੁਸਾਰ ਈਸ਼ੂ ਵਿਰੁੱਧ ਕੁੱਲ ਚਾਰ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ 22 ਅਪ੍ਰੈਲ 2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ ਅਤੇ 27-ਏ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ 25 ਸਤੰਬਰ 2024 ਨੂੰ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸਦੇ ਨਾਲ ਹੀ 2019 ਵਿੱਚ ਚੋਰੀ ਨਾਲ ਸੰਬੰਧਿਤ ਦੋ ਮਾਮਲੇ ਵੀ ਦਰਜ ਹਨ।

ਇਸ ਮਾਮਲੇ ਵਿੱਚ ਉਸਦਾ ਭਰਾ ਪ੍ਰਿੰਸ ਪੁੱਤਰ ਅਮਰਨਾਥ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ। ਪ੍ਰਿੰਸ ਵਿਰੁੱਧ ਦੋ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ 16 ਅਕਤੂਬਰ 2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ ਅਤੇ 29 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ 2021 ਵਿੱਚ ਬਟਾਲਾ ਦੇ ਘੁੰਮਣ ਥਾਣੇ ਵਿੱਚ ਆਈਪੀਸੀ ਅਤੇ ਪੋਕਸੋ ਐਕਟ ਤਹਿਤ ਵੀ ਕੇਸ ਦਰਜ ਹੈ।

ਪ੍ਰਸ਼ਾਸਨ ਨੇ ਕਿਹਾ ਕਿ ਡਰੱਗ ਤਸਕਰੀ ਰਾਹੀਂ ਬਣਾਈਆਂ ਗਈਆਂ ਗੈਰਕਾਨੂੰਨੀ ਜਾਇਦਾਦਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਅਤੇ ਗੈਂਗ ਅਪਰਾਧਾਂ ਬਾਰੇ ਜਾਣਕਾਰੀ ਪੰਜਾਬ ਪੁਲਿਸ ਦੀ ਐਂਟੀ-ਡਰੱਗ ਹੈਲਪਲਾਈਨ 97791-00200 ਜਾਂ ਐਂਟੀ-ਗੈਂਗਸਟਰ ਹੈਲਪਲਾਈਨ 93946-93946 (ਕਾਲ/ਵਟਸਐਪ) ‘ਤੇ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਲਈ ਮਿਲਣ ਵਾਲੀ ਜਾਣਕਾਰੀ ‘ਤੇ 10 ਲੱਖ ਰੁਪਏ ਤੱਕ ਇਨਾਮ ਵੀ ਦਿੱਤਾ ਜਾ ਸਕਦਾ ਹੈ।

ਪੁਲਿਸ ਦੇ ਅੰਕੜਿਆਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 1 ਮਾਰਚ 2025 ਤੋਂ 6 ਮਾਰਚ 2026 ਤੱਕ ਐਨਡੀਪੀਐਸ ਐਕਟ ਹੇਠ 1825 ਮਾਮਲੇ ਦਰਜ ਕਰਕੇ 3238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ, ਅਫੀਮ, ਆਈਸ ਡਰੱਗ, ਗਾਂਜਾ, ਚਰਸ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਨਾਲ ਲੱਖਾਂ ਰੁਪਏ ਦੀ ਡਰੱਗ ਮਨੀ ਅਤੇ 133 ਵਾਹਨ ਵੀ ਜ਼ਬਤ ਕੀਤੇ ਗਏ ਹਨ।

ਪੁਲਿਸ ਦਾ ਕਹਿਣਾ ਹੈ ਕਿ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਦੁਰਵਰਤੋਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਤੇਜ਼ ਕੀਤੀ ਜਾਵੇਗੀ।

5
799 views

Comment