logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ

ਅੰਮ੍ਰਿਤਸਰ 13 ਮਾਰਚ 2026 (ਅਭਿਨੰਦਨ ਸਿੰਘ)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਤੇ ਸੈਸ਼ਨ ਡਿਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੱਜ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਮੈਡਮ ਜਤਿੰਦਰ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਸ੍ਰੀ ਬਲਜਿੰਦਰ ਸਿੰਘ, ਸੀਜੀਐੱਮ ਮੈਡਮ ਸੁਪਰੀਤ ਕੌਰ, ਏਸੀਜੀਐੱਮ ਮੈਡਮ ਪਰਮਿੰਦਰ ਕੌਰ ਬੈਂਸ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ੍ਰੀ ਅਮਰਦੀਪ ਸਿੰਘ ਬੈਂਸ ਵੀ ਹਾਜ਼ਰ ਸਨ।

ਨਿਰੀਖਣ ਦੌਰਾਨ ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਅਦਾਲਤਾਂ ਦੀ ਕਾਰਗੁਜ਼ਾਰੀ, ਨਿਆਂਕ ਢਾਂਚੇ, ਕੇਸ ਮੈਨੇਜਮੈਂਟ ਪ੍ਰਣਾਲੀ ਅਤੇ ਸਮੁੱਚੀਆਂ ਪ੍ਰਸ਼ਾਸਕੀ ਵਿਵਸਥਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ ਅਤੇ ਅਦਾਲਤੀ ਸਟਾਫ ਨਾਲ ਮੁਲਾਕਾਤ ਕਰਦੇ ਹੋਏ ਕੇਸਾਂ ਦੇ ਸਮੇਂ-ਸਿਰ ਨਿਪਟਾਰੇ, ਨਿਆਂਇਕ ਕੰਮ ਦੀ ਉੱਚ ਮਿਆਰ ਬਣਾਈ ਰੱਖਣ ਅਤੇ ਲੋਕਾਂ ਨੂੰ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।

ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਅਦਾਲਤਾਂ ਦੇ ਕੰਮਕਾਜ ਅਤੇ ਕਾਨੂੰਨੀ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਮੁਕੱਦਮੇਬਾਜਾਂ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕਾਨੂੰਨ ਅਨੁਸਾਰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ।

ਮਾਣਯੋਗ ਜਸਟਿਸ ਰੋਹਿਤ ਕਪੂਰ ਨੇ 14.03.2026 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਨਿਆਂਕ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਵੇ ਤਾਂ ਜੋ ਮੁਕੱਦਮੇਬਾਜਾਂ ਨੂੰ ਲਾਭ ਮਿਲ ਸਕੇ।

ਇਸ ਮੌਕੇ ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਈ-ਮੁਲਾਕਾਤ ਸਹੂਲਤ ਦਾ ਉਦਘਾਟਨ ਵੀ ਕੀਤਾ। ਇਸ ਸਹੂਲਤ ਰਾਹੀਂ ਕੈਦੀ ਆਪਣੇ ਵਕੀਲਾਂ ਨਾਲ ਡਿਜ਼ੀਟਲ ਪਲੇਟਫਾਰਮ ਰਾਹੀਂ ਸੰਪਰਕ ਕਰ ਸਕਣਗੇ। ਇਹ ਸਹੂਲਤ ਕੈਦੀਆਂ ਅਤੇ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀਆਂ ਵਿਚਕਾਰ ਸੰਚਾਰ ਨੂੰ ਆਸਾਨ ਅਤੇ ਪ੍ਰਭਾਵਸ਼ਾਲੀ ਬਣਾਉਣ ਅਤੇ ਨਿਆਂ ਤੱਕ ਪਹੁੰਚ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਨਿਆਂਕ ਅਧਿਕਾਰੀ ਅਤੇ ਸਥਾਨਕ ਬਾਰ ਦੇ ਮੈਂਬਰ ਮੌਜੂਦ ਸਨ ਅਤੇ ਉਨ੍ਹਾਂ ਨੇ ਡਿਜ਼ੀਟਲ ਪਹੁੰਚ ਨੂੰ ਵਧਾਉਣ ਅਤੇ ਕਾਨੂੰਨੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕੀਤੀ।

ਇਹ ਦੌਰਾ ਸੈਸ਼ਨ ਡਿਵੀਜ਼ਨ ਅੰਮ੍ਰਿਤਸਰ ਵਿੱਚ ਅਦਾਲਤੀ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ, ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਨਿਆਂ ਦੀ ਪ੍ਰਭਾਵਸ਼ਾਲੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਨਿਆਂਪਾਲਿਕਾ ਦੀ ਲਗਾਤਾਰ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਪਹਿਲਾਂ ਜਸਟਿਸ ਰੋਹਿਤ ਕਪੂਰ ਦਾ ਅੰਮ੍ਰਿਤਸਰ ਵਿਖੇ ਪਹੁੰਚਣ `ਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਜਨਾਬ ਸੋਹੇਲ ਕਾਸਿਮ ਮੀਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

0
89 views

Comment