logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੰਜਾਬ ਸਰਕਾਰ ਉੱਤੇ ਗੰਭੀਰ ਦੋਸ਼ ਲਗਾਉਂਦਿਆਂ

ਕੁਰਾਲੀ (ਸ਼੍ਰੀ ਗਣੇਸ਼ ) ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਤਿਊੜ ਦੇ ਸਰਪੰਚ ਸਤੀਸ਼ ਕੁਮਾਰ ਅਤੇ ਪਿੰਡ ਸਹੌੜਾ ਦੇ ਸਰਪੰਚ ਰਘਬੀਰ ਸਿੰਘ ਸਮੇਤ ਪੂਰੀ ਪੰਚਾਇਤਾ ਨੂੰ ਮੁਅੱਤਲ ਕਰਨਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਦੀ ਸਪਸ਼ਟ ਉਦਾਹਰਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਸ਼ਹਿ 'ਤੇ ਕੀਤੀ ਗਈ ਹੈ, ਕਿਉਂਕਿ ਇਹ ਪੰਚਾਇਤਾਂ ਕਾਂਗਰਸ ਪੱਖੀ ਹਨ।

ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪਿੰਡ ਤਿਊੜ ਦੇ ਸਰਪੰਚ ਸਤੀਸ਼ ਕੁਮਾਰ ਨੂੰ ਛੱਪੜ ਵਿੱਚੋਂ ਦਰਖ਼ਤ ਕਟਵਾਉਣ ਦੇ ਮਾਮਲੇ ਵਿੱਚ ਮੁਅੱਤਲ ਕੀਤਾ ਗਿਆ ਹੈ, ਜਦੋਂ ਕਿ ਹਕੀਕਤ ਇਹ ਹੈ ਕਿ ਸਰਪੰਚ ਵੱਲੋਂ ਇਹ ਸਾਰਾ ਕੰਮ ਵਿਭਾਗੀ ਨਿਯਮਾਂ ਅਤੇ ਪ੍ਰਕਿਰਿਆ ਦੇ ਅਨੁਸਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸੰਬੰਧਤ ਵਿਭਾਗ ਨੇ ਬਿਨਾਂ ਪੂਰੀ ਜਾਂਚ ਕੀਤੇ ਹੀ ਕਾਰਵਾਈ ਕਰ ਦਿੱਤੀ, ਜੋ ਕਿ ਸਿਧਾਂਤਾਂ ਦੇ ਖ਼ਿਲਾਫ਼ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਪਿੰਡ ਸਹੌੜਾ ਦੀ ਪੰਚਾਇਤ ਨੂੰ ਨਜਾਇਜ਼ ਕਬਜ਼ਿਆਂ ਦੇ ਦੋਸ਼ਾਂ ਹੇਠ ਮੁਅੱਤਲ ਕੀਤਾ ਗਿਆ ਹੈ, ਜਦੋਂ ਕਿ ਪੰਚਾਇਤ ਵੱਲੋਂ ਇਸ ਸਬੰਧੀ ਪੱਤਰ ਵਿਹਾਰ ਰਾਹੀਂ ਸਮੇਂ-ਸਮੇਂ 'ਤੇ ਪੰਚਾਇਤ ਵਿਭਾਗ ਨੂੰ ਜਾਣੂੰ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਵਿਭਾਗ ਵੱਲੋਂ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਹੁਣ ਪੰਚਾਇਤ ਨੂੰ ਬਿਨਾਂ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਰਣਜੀਤ ਸਿੰਘ ਜੀਤੀ ਪਡਿਆਲਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਨੂੰ ਬੇਵਜ੍ਹਾ ਤੰਗ ਕੀਤਾ ਜਾ ਰਿਹਾ ਹੈ ਅਤੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੇ ਖ਼ਿਲਾਫ਼ ਹੈ ਅਤੇ ਕਾਂਗਰਸ ਪਾਰਟੀ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਿੰਡ ਤਿਊੜ ਦੇ ਸਰਪੰਚ ਅਤੇ ਪਿੰਡ ਸਹੌੜਾ ਦੀਆਂ ਪੰਚਾਇਤ ਨੂੰ ਜਲਦੀ ਬਹਾਲ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਲੋਂ ਪੰਚਾਇਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਤੰਤਰਕ ਸੰਸਥਾਵਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਖੜੀ ਰਹੀ ਹੈ ਅਤੇ ਅਗਲੇ ਸਮੇਂ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਪੰਚ ਰਾਮ ਸਿੰਘ, ਪੰਚ ਅਮਰੀਕ ਸਿੰਘ, ਪੰਚ ਦੀਦਾਰ ਸਿੰਘ ਅਤੇ ਸਤਿੰਦਰ ਸਿੰਘ ਸੱਤੀ ਵੀ ਮੌਜੂਦ ਸਨ।

0
0 views

Comment