logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ


ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਹਿਤੈਸ਼ੀ, ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਾਂਗੇ : ਬ੍ਰਮ ਸ਼ੰਕਰ ਜਿੰਪਾ

ਫ਼ਸਲ ਦੀ ਵਿਕਰੀ ਲਈ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗਾ : ਇਸ਼ਾਂਕ ਕੁਮਾਰ

ਜ਼ਿਲ੍ਹੇ ‘ਚ 5201 ਮੀਟ੍ਰਿਕ ਟਨ ਕਣਕ ਦੀ ਆਮਦ, 1610 ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ

ਹੁਸ਼ਿਆਰਪੁਰ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਪੁਖਤਾ ਪ੍ਰਬੰਧਾਂ ਦੀ ਲਗਾਤਾਰਤਾ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਨਾਲੋ-ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਲਾਘਾ ਦੇ ਪਾਤਰ ਹਨ ਜਿਨ੍ਹਾਂ ਦੀਆਂ ਕੋਸ਼ਿਸ਼ਾ ਸਦਕਾ 2022 ਤੋਂ ਲਗਾਤਾਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਿਨ੍ਹਾਂ ਕਿਸੇ ਅੜਚਨ ਸੁਚੱਜੇ ਢੰਗ ਨਾਲ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਸਾਰੇ ਫੈਸਲੇ ਕਿਸਾਨਾਂ ਦੇ ਹਿੱਤ ਵਿਚ ਲਏ ਹਨ ਜਿਨ੍ਹਾਂ ਵਿਚ ਸਿੰਚਾਈ ਲਈ ਪਾਣੀ ਦੀ ਉਪਲਬੱਧਤਾ, ਦਿਨ ਵੇਲੇ ਬਿਜਲੀ ਸਪਲਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ ਅਤੇ ਕਿਸਾਨਾਂ ਦੀ ਫ਼ਸਲ ਨੂੰ ਸੁਖਾਲੇ ਢੰਗ ਨਾਲ ਖਰੀਦਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ, ਆੜ੍ਹਤੀਆਂ ਲਈ ਲੋੜੀਂਦੇ ਇੰਤਜ਼ਾਮ ਅਤੇ ਲੇਬਰ ਲਈ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਚਨਬੱਧਤਾ ਦੁਹਰਾਈ ਹੈ ਕਿ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਨੂੰ ਨਾਲੋ-ਨਾਲ ਖਰੀਦਿਆਂ ਜਾਵੇਗਾ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 5200 ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 1610 ਮੀਟ੍ਰਿਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ। ਜ਼ਿਲ੍ਹੇ ਵਿਚ ਕੁੱਲ 78 ਮੰਡੀਆਂ ਵਿਚੋਂ 46 ਮੰਡੀਆਂ ਵਿਚ ਕਿਸਾਨਾਂ ਵਲੋਂ ਕਣਕ ਲਿਆਂਦੀ ਜਾ ਚੁੱਕੀ ਹੈ ਅਤੇ ਸਬੰਧਤ ਅਧਿਕਾਰੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕਰ ਰਹੇ ਹਨ। ਜ਼ਿਲ੍ਹੇ ਵਿਚ ਪਨਗ੍ਰੇਨ, ਮਾਰਕਫੈਡ, ਪਨਸਪ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ, ਐਫ.ਸੀ.ਆਈ. ਅਤੇ ਵਪਾਰੀਆਂ ਵਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਜ਼ਿਲੇ ਵਿਚ ਮੌਜੂਦਾ ਸੀਜ਼ਨ ਦੌਰਾਨ ਕੁੱਲ 316000 ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ 48 ਘੰਟੇ ਵਿਚ ਅਦਾਇਗੀ ਤੋਂ ਇਲਾਵਾ 72 ਘੰਟਿਆਂ ਵਿਚ ਲਿਫਟਿੰਗ ਯਕੀਨੀ ਬਣਾਈ ਜਾਵੇਗੀ। ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੀ ਫ਼ਸਲ ਲੈ ਕੇ ਮੰਡੀ ਪਹੰਚੇ ਸਨ ਅਤੇ ਦੁਪਹਿਰ ਤੱਕ ਉਨ੍ਹਾਂ ਦੀ ਫ਼ਸਲ ਦੀ ਖਰੀਦ ਹੋ ਗਈ। ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਦੱਸਿਆ ਕਿ ਮੰਡੀ ਵਿਚ ਹਰ ਪੱਖੋਂ ਢੁਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ ਤਾਂ ਜੋ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ ਅਮਨਦੀਪ ਕੌਰ ਘੁੰਮਣ, ਕੌਂਸਲਰ ਬਲਵਿੰਦਰ ਕੁਮਾਰ, ਵਰਿੰਦਰ ਵੈਦ, ਕੁਲਵਿੰਦਰ ਹੁੰਦਲ, ਹਨੀ ਸੂਦ ਆਦਿ ਵੀ ਮੌਜੂਦ ਸਨ। ਕੈਪਸ਼ਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ।

5
785 views

Comment