logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ


ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ

ਜਲੰਧਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਪਖੋਂ ਇਕ ਪ੍ਰਗਤੀਸ਼ੀਲ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਆਪਣੀਆਂ ਪ੍ਰਮੁੱਖ ਤਰਜੀਹਾਂ ਦੀ ਰੂਪਰੇਖਾ ਸਾਂਝੀ ਕੀਤੀ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਚੰਗੇ ਪ੍ਰਸ਼ਾਸਨ ’ਤੇ ਕੇਂਦਰਿਤ ਵਿਆਪਕ ਵਿਉਂਤਬੰਦੀ ְ’ਤੇ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕਣਕ ਦੇ ਚੱਲ ਰਹੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਕਿਸਾਨਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਇਕ ਹੋਰ ਪ੍ਰਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਖਾਸ ਤੌਰ ’ਤੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ’ ਯੋਜਨਾ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੀ ਸੁਚਾਰੂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇਗੀ। ਪਾਰਦਰਸ਼ੀ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਮੀਡੀਆ ਦੇ ਚੌਥੇ ਸਤੰਭ ਵਜੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵਲੋਂ ਸਮੇਂ ਸਿਰ ਨਿਪਟਾਰੇ ਲਈ ਲੋਕ ਮਸਲੇ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ।

1
459 views

Comment