ਲਹਿਰਾਗਾਗਾ ਵਿੱਚ ਬ੍ਰਾਹਮਣ ਸਮਾਜ ਵੱਲੋਂ ਭਗਵਾਨ ਪਰਸ਼ੂਰਾਮ ਜਯੰਤੀ ਧੂਮਧਾਮ ਨਾਲ ਮਨਾਈ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਸ਼ਿਰਕਤ
।
ਲਹਿਰਾਗਾਗਾ, 19 ਅਪ੍ਰੈਲ (ਸੁਰੇਸ਼ ਜਵਾਹਰ ਵਾਲਾ) ਸਥਾਨਕ ਬ੍ਰਾਹਮਣ ਸਮਾਜ ਵੱਲੋਂ ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਨਾਲ ਮਿਲ ਕੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮਨੁੱਖਤਾ ਤੋਂ ਵੱਡਾ ਕੋਈ ਧਰਮ ਨਹੀਂ ਹੁੰਦਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਚਾ ਫਰਜ਼ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿੱਤ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਸਾਰੇ ਧਰਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ।
ਕੈਬਨਿਟ ਮੰਤਰੀ ਨੇ ਭਗਵਾਨ ਸ੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਨੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਉਪਰਾਲੇ ਸਾਡੇ ਦੇਸ਼ ਦੇ ਅਮੀਰ ਇਤਿਹਾਸ ਨੂੰ ਸੰਭਾਲਣ ਵਿੱਚ ਮਹੱਤਵਪੂਰਨ ਸਾਬਤ ਹੁੰਦੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਆਮ ਆਦਮੀ ਦੇ ਦੀਪਕ ਜੈਨ, ਹੁਣ ਮੰਤ ਧਾਮ ਦੇ ਸੰਸਥਾਪਕ ਸਤੀਸ਼ ਡੈਰੀ ਵਾਲੇ, ਜੀਪੀਐਫ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।