ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਭਾਜਪਾ ਭਰਮ ਫੈਲਾ ਰਹੀ, ਕਾਂਗਰਸ ਮਹਿਲਾਵਾਂ ਦੇ ਹੱਕ ਵਿੱਚ ਡਟੀ: ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ, 21 ਅਪ੍ਰੈਲ 2026 (ਅਭਿਨੰਦਨ ਸਿੰਘ)
ਅੰਮ੍ਰਿਤਸਰ ਦੇ ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਤਿੱਖਾ ਹਮਲਾ ਕੀਤਾ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਮਸਲੇ ‘ਤੇ ਦੇਸ਼ ਵਿੱਚ ਭਰਮ ਪੈਦਾ ਕਰ ਰਹੀ ਹੈ, ਜਦਕਿ ਕਾਂਗਰਸ ਪਾਰਟੀ ਹਮੇਸ਼ਾ ਮਹਿਲਾਵਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਰਾਜਨੀਤਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਆ ਰਹੀ ਹੈ। ਔਜਲਾ ਨੇ ਕਿਹਾ ਕਿ 2023 ਵਿੱਚ ਪਾਸ ਹੋਏ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਕਾਂਗਰਸ ਪਾਰਟੀ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਸੀ ਅਤੇ ਇਹ ਵੀ ਮੰਗ ਕੀਤੀ ਗਈ ਸੀ ਕਿ ਇਸਨੂੰ ਤੁਰੰਤ ਲਾਗੂ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸਨੂੰ ਜਨਗਣਨਾ ਅਤੇ ਡਿਲੀਮੀਟੇਸ਼ਨ ਨਾਲ ਜੋੜ ਕੇ ਲਾਗੂ ਕਰਨ ਵਿੱਚ ਦੇਰੀ ਕਰ ਰਹੀ ਹੈ, ਜਿਸ ਨਾਲ ਮਹਿਲਾਵਾਂ ਨੂੰ ਹੱਕ ਮਿਲਣ ਵਿੱਚ ਰੁਕਾਵਟ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ 2011 ਦੀ ਜਨਸੰਖਿਆ ਦੇ ਆਧਾਰ ‘ਤੇ ਸੀਟਾਂ ਦੀ ਵੰਡ ਕੀਤੀ ਜਾਂਦੀ ਹੈ ਤਾਂ ਇਹ ਨਿਆਂਸੰਗਤ ਨਹੀਂ ਹੋਵੇਗਾ, ਕਿਉਂਕਿ ਅਸਲ ਹਾਲਾਤਾਂ ਦੀ ਝਲਕ ਨਹੀਂ ਮਿਲੇਗੀ।
ਉਨ੍ਹਾਂ ਦਲੀਲ ਦਿੱਤੀ ਕਿ ਨਵੀਂ ਜਾਤੀ ਜਨਗਣਨਾ ਦੇ ਆਧਾਰ ‘ਤੇ ਹੀ ਰਿਜ਼ਰਵੇਸ਼ਨ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਹਰ ਵਰਗ ਨੂੰ ਉਸਦਾ ਹੱਕ ਮਿਲ ਸਕੇ ਔਜਲਾ ਨੇ ਇਹ ਵੀ ਕਿਹਾ ਕਿ ਭਾਜਪਾ ਸਰਕਾਰ ਮੁੱਖ ਮੁੱਦਿਆਂ ਜਿਵੇਂ ਬੇਰੁਜ਼ਗਾਰੀ, ਮਹਿੰਗਾਈ ਅਤੇ ਵਿਦੇਸ਼ ਨੀਤੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੇ ਮਸਲੇ ਉੱਠਾ ਰਹੀ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਹੀ ਤਰੀਕੇ ਨਾਲ ਪ੍ਰਕਿਰਿਆ ਨਾ ਅਪਣਾਈ ਗਈ ਤਾਂ ਇਹ ਲੋਕਤੰਤਰ ਲਈ ਖਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਦੀ ਰੱਖਿਆ ਅਤੇ ਹਰ ਵਰਗ ਨੂੰ ਉਸਦਾ ਹੱਕ ਦਿਵਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਲਈ ਸੰਘਰਸ਼ ਜਾਰੀ ਰੱਖੇਗੀ।