ਪਟਿਆਲਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ
ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ ਹਲਕੇ ਦੇ ਮਿਊਸਪਲ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੜਕਾਂ, ਸੀਵਰੇਜ ਅਤੇ ਸਟ੍ਰੀਟ ਲਾਈਟਾਂ ਸਬੰਧੀ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਕੌਂਸਲਰਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਦਿਆਂ, ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦੀ ਸਖ਼ਤ ਹਦਾਇਤ ਦਿੱਤੀ ਅਤੇ ਠੇਕੇਦਾਰਾਂ ਦੀ ਕੁਤਾਹੀ ਬਰਦਾਸ਼ਤ ਨਾ ਕਰਨ ਦਾ ਅਹਵਾਨ ਕੀਤਾ।
ਉਨ੍ਹਾਂ ਨੇ ਸੜਕਾਂ ਦੀ ਮੁਰੰਮਤ, ਸੀਵਰੇਜ ਸਫਾਈ ਅਤੇ ਲਾਈਟਾਂ ਦੀ ਸੁਧਾਰ ਲਈ ਸਮਾਂ-ਬੱਧ ਯੋਜਨਾਵਾਂ ਬਣਾਉਣ ਦੇ ਹੁਕਮ ਦਿੱਤੇ। ਐਲ ਐਂਡ ਟੀ ਨਾਲ ਜੁੜੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ। ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਲਈ ਨੋਟਿਸ ਜਾਰੀ ਕਰਨ ਅਤੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ। ਮੇਅਰ ਕੁੰਦਨ ਗੋਗੀਆ, ਡਿਪੁਟੀ ਮੇਅਰ ਹਰਿੰਦਰ ਕੋਹਲੀ, ਜਸਬੀਰ ਗਾਂਧੀ, ਕਮਿਸ਼ਨਰ ਪਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।