*ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਲਿਆ ਜਾਇਜ਼ਾ*
*ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਸਮੇਂ ਸਿਰ ਕਰਨ ਦੇ ਨਿਰਦੇਸ਼, ਕੰਮ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬ
*ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਲਿਆ ਜਾਇਜ਼ਾ*
*ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਸਮੇਂ ਸਿਰ ਕਰਨ ਦੇ ਨਿਰਦੇਸ਼, ਕੰਮ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ*
ਨਵਾਂਸ਼ਹਿਰ,13 ਮਈ-
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਅਤੇ ਰੋਕਥਾਮ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਨਦੀ-ਨਾਲਿਆਂ, ਡਰੇਨਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਰਹਿੰਦੀ ਹੈ, ਇਸ ਲਈ ਸਾਰੇ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀ ਰੱਖਣ। ਉਨ੍ਹਾਂ ਡਰੇਨੇਜ ਵਿਭਾਗ ਨੂੰ ਡਰੇਨਾਂ ਅਤੇ ਚੋਆਂ ਦੀ ਸਫ਼ਾਈ ਤੁਰੰਤ ਮੁਕੰਮਲ ਕਰਨ, ਲੋਕ ਨਿਰਮਾਣ ਵਿਭਾਗ ਨੂੰ ਖਰਾਬ ਪੁਲਾਂ ਅਤੇ ਸੜਕਾਂ ਦੀ ਮੁਰੰਮਤ, ਅਤੇ ਸਿੰਚਾਈ ਵਿਭਾਗ ਨੂੰ ਬੰਨ੍ਹਾਂ ਦੀ ਮਜ਼ਬੂਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੰਭਾਵੀ ਹੜ੍ਹ ਦੌਰਾਨ ਪ੍ਰਭਾਵਿਤ ਹੋਣ ਵਾਲੇ ਸੰਵੇਦਨਸ਼ੀਲ ਪਿੰਡਾਂ ਦੀ ਸੂਚੀ ਤਿਆਰ ਕਰਕੇ ਉੱਥੇ ਰਾਹਤ ਸਮੱਗਰੀ, ਕਿਸ਼ਤੀਆਂ, ਗੋਤਾਖੋਰਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ 24x7 ਕਾਰਜਸ਼ੀਲ ਰਹੇ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਹੜ੍ਹ ਰੋਕਥਾਮ ਨਾਲ ਜੁੜੇ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਅਧਿਕਾਰੀ ਵੱਲੋਂ ਲਾਪਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿਕਾਸ) ਅਵਨੀਤ ਕੌਰ, ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।