ਭੱਠਾ ਮਜ਼ਦੂਰਾਂ ਦੀ ਹੰਗਾਮੀ ਮੀਟਿੰਗ, ਡੀਸੀ ਦਫ਼ਤਰ ਅੱਗੇ ਪੱਕੇ ਮੋਰਚੇ ਦਾ ਕੀਤਾ ਐਲਾਨਪ੍ਰਸ਼ਾਸਨ ਤੇ ਭੱਠਾ ਮਾਲਕਾਂ ਦੀ ਪੁਸ਼ਤ ਪਨਾਹੀ ਕਰਨ ਦੇ ਲਗੇ ਦੋਸ਼।
ਫਤਹਿਗੜ੍ਹ ਸਾਹਿਬ, 23 ਮਈ — ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਬੈਨਰ ਹੇਠ ਭੱਠਾ ਮਜ਼ਦੂਰਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਭੱਠਾ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਆਪਣੀਆਂ ਕਾਨੂੰਨੀ ਉਜਰਤਾਂ ਦੀ ਮੰਗ ਨੂੰ ਲੈ ਕੇ ਭੱਠਾ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਸ੍ਰੀ ਵਿਸ਼ਾਲ ਜੀ ਦੀ ਹਾਜ਼ਰੀ ਵਿੱਚ ਭੱਠਾ ਮਾਲਕਾਂ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਆਗੂਆਂ ਨੇ ਦੋਸ਼ ਲਗਾਇਆ ਕਿ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਪਹਿਲਕਦਮੀ ਨਹੀਂ ਕੀਤੀ ਗਈ, ਜਿਸ ਕਾਰਨ ਭੱਠਾ ਮਜ਼ਦੂਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਜੋਂ ਹੁਣ ਜਲਦ ਹੀ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਤਰੀਕ ਜਥੇਬੰਦੀ ਵੱਲੋਂ ਛੇਤੀ ਹੀ ਤਹਿ ਕੀਤੀ ਜਾਵੇਗੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵੀ ਮਿਨੀਮਮ ਵੇਜ ਐਕਟ 1948 ਦਾ ਉਲੰਘਣ ਕਰਨ ਵਾਲੇ ਭੱਠਾ ਮਾਲਕਾਂ ਦਾ ਸਾਥ ਦੇ ਰਿਹਾ ਹੈ, ਜਦੋਂਕਿ ਕਾਨੂੰਨੀ ਤੌਰ ’ਤੇ ਅਜਿਹੇ ਮਾਲਕਾਂ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇੱਥੇ ਕਾਨੂੰਨ ਸਿਰਫ਼ ਤਕੜੇ ਅਤੇ ਧਨਾਢ ਲੋਕਾਂ ਲਈ ਹੀ ਕੰਮ ਕਰਦਾ ਦਿਖਾਈ ਦੇ ਰਿਹਾ ਹੈ, ਜਦੋਂਕਿ ਗਰੀਬ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਕਾਨੂੰਨੀ ਉਜਰਤਾਂ ਨਾ ਮਿਲੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।