logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਚੋਣਾਂ ਦੀ ਸ਼ਾਂਤੀਪੂਰਨ ਸੰਪੂਰਤੀ ਲਈ ਹਰਜੋਤ ਬੈਂਸ ਵੱਲੋਂ ਵੋਟਰਾਂ ਦਾ ਧੰਨਵਾਦ


“ਅੱਜ ਲੋਕਤੰਤਰ ਦਾ ਤਿਉਹਾਰ ਹੈ”, ਜਨਤਾ ਦੀ ਸਰਗਰਮ ਭਾਗੀਦਾਰੀ ਦੀ ਮੰਤਰੀ ਵੱਲੋਂ ਪ੍ਰਸ਼ੰਸਾ
ਸ੍ਰੀ ਅਨੰਦਪੁਰ ਸਾਹਿਬ 26 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਨਗਰ ਖੇਤਰਾਂ ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਸਮਝਦਾਰੀ ਅਤੇ ਸਹਿਯੋਗ ਨਾਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਬਿਲਕੁਲ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਲੋਕਤੰਤਰਕ ਪ੍ਰਕਿਰਿਆ ਨੂੰ ਮਜ਼ਬੂਤੀ ਦਿੱਤੀ ਹੈ ਅਤੇ ਵੋਟਿੰਗ ਦੌਰਾਨ ਅਮਨ, ਏਕਤਾ ਅਤੇ ਭਾਈਚਾਰੇ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ। ਮੰਤਰੀ ਨੇ ਇਸ ਗੱਲ ‘ਤੇ ਸੰਤੋਖ ਜਤਾਇਆ ਕਿ ਚੋਣਾਂ ਬਿਨਾਂ ਕਿਸੇ ਵਿਘਨ ਦੇ ਸੁਚੱਜੇ ਢੰਗ ਨਾਲ ਹੋਈਆਂ, ਜੋ ਕਿ ਇਲਾਕੇ ਦੇ ਲੋਕਾਂ ਦੇ ਉੱਚੇ ਲੋਕਤੰਤਰਕ ਜਜ਼ਬੇ ਨੂੰ ਦਰਸਾਉਂਦਾ ਹੈ।
     ਕੈਬਨਿਟ ਮੰਤਰੀ ਬੈਂਸ, ਸਥਾਨਕ ਸਰਕਾਰਾਂ, ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ, ਨੇ ਖ਼ਾਸ ਤੌਰ ‘ਤੇ ਹਲਕੇ ਦੇ ਨਿਵਾਸੀਆਂ ਦੀ ਪ੍ਰਸ਼ੰਸਾ ਕੀਤੀ ਕਿ ਉਹਨਾਂ ਨੇ ਚੋਣਾਂ ਦੌਰਾਨ ਸਕਾਰਾਤਮਕ ਅਤੇ ਸਾਂਝੇਦਾਰੀ ਭਰਿਆ ਮਾਹੌਲ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ਜਦੋਂ ਨਾਗਰਿਕ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਰਾਜਨੀਤਿਕ ਅੰਤਰਾਂ ਤੋਂ ਉੱਪਰ ਉੱਠ ਕੇ ਇਕ-ਦੂਜੇ ਦੀ ਇੱਜ਼ਤ ਕਰਦੇ ਹਨ, ਤਾਂ ਲੋਕਤੰਤਰ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਦੇ ਅਨੁਸਾਰ, ਇਲਾਕੇ ਦੇ ਲੋਕਾਂ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਲੋਕਤੰਤਰਕ ਮੁੱਲਾਂ ਅਤੇ ਸਮਾਜਿਕ ਸਾਂਝ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ, ਜੋ ਕਿ ਸੂਬੇ ਲਈ ਇੱਕ ਪ੍ਰੇਰਣਾਦਾਇਕ ਸੰਦੇਸ਼ ਹੈ।
   ਕੈਬਨਿਟ ਮੰਤਰੀ ਨੇ ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ, ਪੋਲਿੰਗ ਸਟਾਫ਼, ਸੁਰੱਖਿਆ ਬਲਾਂ ਅਤੇ ਸਾਰੇ ਅਧਿਕਾਰੀਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀਆਂ ਡਿਊਟੀਆਂ ਨਿਭਾਉਂਦੇ ਹੋਏ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ। ਉਨ੍ਹਾਂ ਨੇ ਚੋਣੀ ਟੀਮਾਂ ਦੀ ਅਣਥੱਕ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੇ ਦਿਨ-ਰਾਤ ਕੰਮ ਕਰਕੇ ਚੋਣ ਪ੍ਰਕਿਰਿਆ ਨੂੰ ਸਫਲ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਸਨਮਾਨ ਦੇ ਯੋਗ ਹੈ, ਜਿਸ ਨੇ ਨਿਸ਼ਕਾਮ ਭਾਵ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ।
     ਵੋਟ ਦੇ ਅਧਿਕਾਰ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਨਾਗਰਿਕਾਂ ਨੂੰ ਇਹ ਕੀਮਤੀ ਅਧਿਕਾਰ ਪ੍ਰਦਾਨ ਕਰਦਾ ਹੈ, ਜਿਸਦਾ ਸਹੀ ਇਸਤੇਮਾਲ ਕਰਨਾ ਹਰ ਇੱਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦਾ ਦਿਨ “ਲੋਕਤੰਤਰ ਦਾ ਤਿਉਹਾਰ” ਹੁੰਦਾ ਹੈ, ਜਿੱਥੇ ਹਰ ਨਾਗਰਿਕ ਆਪਣੇ ਵੋਟ ਰਾਹੀਂ ਦੇਸ਼ ਅਤੇ ਸਮਾਜ ਦੇ ਭਵਿੱਖ ਦੀ ਦਿਸ਼ਾ ਨਿਰਧਾਰਤ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੌਂਸਲ ਨੰਗਲ ਦੇ 19 ਵਾਰਡਾਂ, ਸ੍ਰੀ ਅਨੰਦਪੁਰ ਸਾਹਿਬ ਦੇ 13 ਵਿੱਚੋਂ 12 ਵਾਰਡਾਂ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ 11 ਵਾਰਡਾਂ ਵਿੱਚ ਵੋਟਿੰਗ ਹੋਈ। ਅੰਤ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਲਈ ਵਧਾਈ ਦਿੰਦਿਆਂ ਹਲਕੇ ਦੇ ਵਿਕਾਸ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ।

48
4612 views

Comment