ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਅਰਸ਼ ਸੱਚਰ
ਫਰੀਦਕੋਟ, 04 ਜੂਨ26. (ਨਾਇਬ ਰਾਜ)
ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੂੰ ਇੱਕ ਸਿਫ਼ਾਰਸ਼ੀ ਪੱਤਰ ਭੇਜਿਆ ਹੈ।
ਅਰਸ਼ ਸੱਚਰ ਨੇ ਕਿਹਾ ਕਿ ਸੇਵਾ ਕੇਂਦਰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸੇਵਾਵਾਂ ਦਾ ਮੁੱਖ ਆਧਾਰ ਹਨ ਅਤੇ ਆਮ ਨਾਗਰਿਕ ਦਾ ਸਰਕਾਰ ਨਾਲ ਪਹਿਲਾ ਸੰਪਰਕ ਇਨ੍ਹਾਂ ਕੇਂਦਰਾਂ ਰਾਹੀਂ ਹੀ ਹੁੰਦਾ ਹੈ। ਪਿਛਲੇ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਦੇ ਮੁਲਾਜ਼ਮ ਘੱਟ ਤਨਖਾਹਾਂ, ਨੌਕਰੀ ਦੀ ਅਸੁਰੱਖਿਆ, ਠੇਕੇਦਾਰੀ ਪ੍ਰਣਾਲੀ ਅਤੇ ਤਨਖਾਹਾਂ ਦੇ ਸਮੇਂ ਸਿਰ ਭੁਗਤਾਨ ਨਾ ਹੋਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਕਰੋੜਾਂ ਅਰਜ਼ੀਆਂ ਅਤੇ ਲੱਖਾਂ ਸਰਕਾਰੀ ਸੇਵਾਵਾਂ ਨੂੰ ਸਫਲਤਾਪੂਰਵਕ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਸਰਕਾਰੀ ਸੇਵਾਵਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਿਆ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।
ਅਰਸ਼ ਸੱਚਰ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਤੁਰੰਤ ਸਮੀਖਿਆ ਕਰਕੇ ਵਾਧਾ ਕੀਤਾ ਜਾਵੇ, ਤਨਖਾਹਾਂ ਸਮੇਂ ਸਿਰ ਜਾਰੀ ਕਰਨ ਲਈ ਸਖ਼ਤ ਪ੍ਰਬੰਧ ਕੀਤੇ ਜਾਣ, ਠੇਕੇਦਾਰੀ ਪ੍ਰਣਾਲੀ ਦੀ ਸਮੀਖਿਆ ਕਰਕੇ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਆਪਸੀ ਸਹਿਮਤੀ ਨਾਲ ਹੱਲ ਕੱਢਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀ ਸਰਕਾਰ ਵਜੋਂ ਦੇਖਿਆ ਜਾਂਦਾ ਹੈ ਅਤੇ ਉਮੀਦ ਹੈ ਕਿ ਸਰਕਾਰ ਲੋਕਾਂ ਦੀ ਸੇਵਾ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਸਕਾਰਾਤਮਕ ਹੱਲ ਕਰੇਗੀ। ਇਸ ਨਾਲ ਨਾ ਸਿਰਫ਼ ਕਰਮਚਾਰੀਆਂ ਦਾ ਮਨੋਬਲ ਵਧੇਗਾ, ਸਗੋਂ ਪੰਜਾਬ ਦੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸੇਵਾਵਾਂ ਵੀ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਹੋਣਗੀਆਂ।